ਸਨੀ ਮਹਿਰਾ, ਅੰਮ੍ਰਿਤਸਰ

ਅਜਨਾਲਾ ਸ਼ਹਿਰ ਦੀ ਸਫ਼ਾਈ ਲਈ 2 ਗੱਡੀਆਂ ਨੂੰ ਦਿੱਤੀ ਹਰੀ ਝੰਡੀ

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਘਰ ਦੇ ਨੇੜੇ ਹੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਹੋ ਸਕਣ।

ਇਨਾਂ ਸ਼ਬਦਾਂ ਦਾ ਪ੍ਰਗਟਾ ਸ: ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਨੇ ਅਜਨਾਲਾ ਵਿਖੇ ਮੁਹੱਲਾ ਕਲੀਨਿਕ ਦਾ ਨੀਂਹ ਪੱਥਰ ਰੱਖਦਿਆਂ ਕੀਤਾ।

ਉਨਾਂ ਦੱਸਿਆ ਕਿ ਇਸ ਕਲੀਨਿਕ ਦੇ ਤਿਆਰ ਹੋਣ ਨਾਲ ਲੋਕਾਂ ਨੂੰ ਘਰ ਦੇ ਨੇੜੇ ਹੀ ਸਿਹਤ ਸੁਵਿਧਾਵਾਂ ਮਿਲ ਸਕਣਗੀਆਂ।

ਉਨਾਂ ਦੱਸਿਆ ਕਿ ਸੂਬੇ ਭਰ ਵਿੱਚ 60 ਲੱਖ ਤੋਂ ਵੱਧ ਲੋਕ ਮੁਹੱਲਾ ਕਲੀਨਿਕਾਂ ਵਿੱਚ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ ਇਨਾਂ ਕਲੀਨਿਕਾਂ ਵਿੱਚ ਮਰੀਜਾਂ ਦੇ ਸਾਰੇ ਟੈਸਟ ਅਤੇ ਦਵਾਈਆਂ ਮੁਫ਼ਤ ਵਿੱਚ ਦਿੱਤੀਆਂ ਜਾਂਦੀਆਂ ਹਨ।

ਇਸ ਮੌਕੇ ਸ: ਧਾਲੀਵਾਲ ਵਲੋਂ ਨਗਰ ਪੰਚਾਇਤ ਅਜਨਾਲਾ ਦੇ ਦਫ਼ਤਰ ਤੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਦਰੁੱਸਤ ਕਰਨ ਲਈ 2 ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਉਨਾਂ ਦੱਸਿਆ ਕਿ ਇਹ ਗੱਡੀਆਂ ਡੋਰ ਟੂ ਡੋਰ ਸੁੱਕਾ ਅਤੇ ਗਿੱਲਾ ਕੂੜਾ ਵੱਖ-ਵੱਖ ਇਕੱਠਾ ਕਰਨਗੀਆਂ।

ਉਨਾਂ ਦੱਸਿਆ ਕਿ ਇਸ ਕੰਮ ਲਈ 15 ਲੱਖ ਰੁਪਏ ਦੀ ਲਾਗਤ ਆਈ ਹੈ।

ਉਨਾਂ ਦੱਸਿਆ ਕਿ ਜਲਦ ਹੀ ਅਜਨਾਲਾ ਸ਼ਹਿਰ ਦੀ ਸਾਫ਼ ਸਫ਼ਾਈ ਲਈ ਹੋਰ ਗੱਡੀਆਂ, ਟ੍ਰੈਕਟਰ ਅਤੇ ਫਾਇਰ ਬ੍ਰਿਗੇਡ ਦੀ ਵਿਵਸਥਾ ਵੀ ਕੀਤੀ ਜਾਵੇਗੀ।

ਉਨਾਂ ਦੱਸਿਆ ਕਿ ਇਸ ਸਮੇਂ ਅਜਨਾਲਾ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਕਾਰਜ ਤੇਜੀ ਨਾਲ ਚੱਲ ਰਹੇ ਹਨ।

ਉਨਾਂ ਕਿਹਾ ਕਿ ਵਿਕਾਸ ਪੱਖੋਂ ਅਜਨਾਲਾ ਸ਼ਹਿਰ ਨੂੰ ਵਿਕਸਤ ਕੀਤਾ ਜਾਵੇਗਾ।

ਉਨਾਂ ਦੱਸਿਆ ਕਿ ਅਜਨਾਲਾ ਹਲਕੇ ਦੇ ਚਾਰੇ ਪਾਸੇ ਸੜ੍ਹਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ 5-6 ਮਹੀਨਿਆਂ ਦੌਰਾਨ ਹੀ ਅਜਨਾਲਾ ਵਾਸੀਆਂ ਨੂੰ ਸੜ੍ਹਕੀ ਆਵਾਜਾਈ ਵਿੱਚ ਕਾਫ਼ੀ ਰਾਹਤ ਮਿਲੇਗੀ।

ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸ: ਗੁਰਜੰਟ ਸਿੰਘ ਸੋਹੀ, ਕੌਂਸਲਰ ਰਾਜਬੀਰ ਸਿੰਘ ਚਾਹਲ, ਬੀਬੀ ਗਿਆਨ ਕੌਰ, ਦਵਿੰਦਰ ਸਿੰਘ ਸੋਨੂੰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

Posted By SonyGoyal

Leave a Reply

Your email address will not be published. Required fields are marked *