ਸੋਨੀ ਗੋਇਲ ਬਰਨਾਲਾ
ਇੱਕੋ ਛੱਤ ਹੇਠ ਹੋਵੇਗੀ ਈ-ਕੇ.ਵਾਈ.ਸੀ. (e-KYC) ਅਤੇ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਨ ਦੀ ਸੁਵਿਧਾ
ਬਰਨਾਲਾ, 18 ਨਵੰਬਰ: ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਸਮੂਹ ਸਰਕਾਰੀ ਵਿਭਾਗਾਂ ਤੋਂ ਸੇਵਾਮੁਕਤ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ 03 ਨਵੰਬਰ ਤੋਂ ‘ਪੈਨਸ਼ਨਰ ਸੇਵਾ ਪੋਰਟਲ’ ਲਾਗੂ ਕੀਤਾ ਗਿਆ ਹੈ। ਇਸ ਪੋਰਟਲ ਦਾ ਵੱਧ ਤੋਂ ਵੱਧ ਲਾਭ ਪੈਨਸ਼ਨਰਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਜ਼ਿਲ੍ਹਾ ਖਜ਼ਾਨਾ ਦਫ਼ਤਰ, ਬਰਨਾਲਾ ਵਿਖੇ ਮਿਤੀ 19 ਨਵੰਬਰ ਤੋਂ 21 ਨਵੰਬਰ ਤੱਕ ਤਿੰਨ ਰੋਜ਼ਾ ‘ਸਰਕਾਰੀ ਪੈਨਸ਼ਨਰ ਸੇਵਾ ਮੇਲਾ’ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੇਲੇ ਦਾ ਉਦਘਾਟਨ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਵੱਲੋਂ 19 ਨਵੰਬਰ ਨੂੰ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖਜ਼ਾਨਾ ਅਫ਼ਸਰ, ਬਰਨਾਲਾ ਸ. ਬਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਨਵੇਂ ਪੋਰਟਲ ਰਾਹੀਂ ਮਹੀਨਾਵਾਰ ਪੈਨਸ਼ਨ ਦੀ ਅਕਾਊਂਟਿੰਗ, ਈ-ਪੀ.ਪੀ.ਓ. (e-PPO), ਪੈਨਸ਼ਨ ਡਾਟਾ, ਸ਼ਿਕਾਇਤ ਨਿਵਾਰਨ ਅਤੇ ਸੈਕਸ਼ਨ ਮੌਡਿਊਲ ਆਦਿ ਸੇਵਾਵਾਂ ਦਾ ਉਪਬੰਧ ਕੀਤਾ ਗਿਆ ਹੈ। ਇਸ ਪੋਰਟਲ ਤਹਿਤ ਸੂਬੇ ਦੇ ਸਮੂਹ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦਾ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕੀਤਾ ਜਾਣਾ ਹੈ ਅਤੇ ਈ-ਕੇ.ਵਾਈ.ਸੀ. ਕਰਵਾਉਣੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਸ ਤਿੰਨ ਰੋਜ਼ਾ ਮੇਲੇ ਦੌਰਾਨ ਇੱਕੋ ਛੱਤ ਹੇਠ ਬਰਨਾਲਾ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਅਤੇ ਬ੍ਰਾਂਚਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਰਹਿਣਗੇ, ਜੋ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ., ਡਿਜੀਟਲ ਲਾਈਫ ਸਰਟੀਫਿਕੇਟ ਅਤੇ ਪੈਨਸ਼ਨ ਸਬੰਧੀ ਹੋਰ ਮੁਸ਼ਕਿਲਾਂ ਦਾ ਮੌਕੇ ‘ਤੇ ਹੱਲ ਕਰਨਗੇ। ਇਸ ਤੋਂ ਇਲਾਵਾ ਭਵਿੱਖ ਵਿੱਚ ਇਸ ਪੋਰਟਲ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਪੈਨਸ਼ਨਰਾਂ ਪਾਸੋਂ ਸੁਝਾਅ ਵੀ ਪ੍ਰਾਪਤ ਕੀਤੇ ਜਾਣਗੇ। ਜ਼ਿਲ੍ਹਾ ਖਜ਼ਾਨਾ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਰਹਿੰਦੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਉਹ 19, 20 ਅਤੇ 21 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹਾ ਖਜ਼ਾਨਾ ਦਫ਼ਤਰ, ਬਰਨਾਲਾ ਵਿਖੇ ਲਗਾਏ ਜਾ ਰਹੇ ਇਸ ਪੈਨਸ਼ਨਰ ਸੇਵਾ ਮੇਲੇ ਵਿੱਚ ਪਹੁੰਚ ਕੇ ਆਪਣੀ ਈ-ਕੇ.ਵਾਈ.ਸੀ. ਅਤੇ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਵਾਉਣ ਅਤੇ ਸਰਕਾਰ ਦੇ ਇਸ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ।





