ਸੋਨੀ ਗੋਇਲ ਹੱਕ ਸੱਚ ਦੀ ਬਾਣੀ
30 ਅਪ੍ਰੈਲ ਤੋਂ 14 ਮਈ 2026 ਤੱਕ ਸੈਲਫ-ਇਨਿਊਮਰੇਸ਼ਨ ਦੀ ਸਹੂਲਤ, 15 ਮਈ ਤੋਂ 13 ਜੂਨ 2026 ਤੱਕ ਘਰਾਂ ਦਾ ਸੂਚੀਕਰਨ
ਬਰਨਾਲਾ, 22 ਅਪ੍ਰੈਲ ਡਿਪਟੀ ਕਮਿਸ਼ਨਰ ਸਹਿਤ ਪ੍ਰਮੁੱਖ ਜਨਗਣਨਾ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਜਨਗਣਨਾ 2027 ਦੇ ਪਹਿਲੇ ਪੜਾਅ ਤਹਿਤ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ 24 ਅਪ੍ਰੈਲ ਤੋਂ ਸ਼ੁਰੂ ਹੈ। ਓਹਨਾਂ ਵਧੇਰੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਹ ਦੇਸ਼ ਦੀ ਪਹਿਲੀ ਡਿਜੀਟਲ ਮਰਦਮਸ਼ੁਮਾਰੀ ਹੋਵੇਗੀ, ਜਿਸ ਵਿੱਚ 30 ਅਪ੍ਰੈਲ ਤੋਂ 14 ਮਈ 2026 ਤੱਕ ਸੈਲਫ-ਇਨਿਊਮਰੇਸ਼ਨ (ਖੁਦ ਜਾਣਕਾਰੀ ਭਰਨ) ਦੀ ਸਹੂਲਤ ਵੀ ਮਿਲੇਗੀ। ਇਸ ਤੋਂ ਇਲਾਵਾ 15 ਮਈ ਤੋਂ 13 ਜੂਨ 2026 ਤੱਕ ਘਰਾਂ ਦੀ ਸੂਚੀਕਰਨ (HLO) ਸ਼ੁਰੂ ਹੋਵੇਗਾ। ਓਹਨਾਂ ਦੱਸਿਆ ਕਿ ਇਸ ਪ੍ਰਕਿਰਿਆ ਬਾਰੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ 24 ਅਪ੍ਰੈਲ ਤੋਂ 6 ਮਈ ਤੱਕ ਚੱਲੇਗੀ। ਓਹਨਾਂ ਕਿਹਾ ਕਿ ਇਸ ਵਾਰ ਮਰਦਮਸ਼ੁਮਾਰੀ ਤਹਿਤ ਖੁਦ ਜਾਣਕਾਰੀ ਭਰਨ ਦੀ ਸਹੂਲਤ ਹੈ। ਓਹਨਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਜ਼ਿਲ੍ਹਾ ਵਾਸੀ ਸੈਲਫ-ਇਨਿਊਮਰੇਸ਼ਨ (ਖੁਦ ਜਾਣਕਾਰੀ ਭਰਨ) ਕਰਨ। ਓਹਨਾਂ ਦੱਸਿਆ ਕਿ ਸਵੈ-ਗਣਨਾ ਇੱਕ ਅਜਿਹੀ ਸਹੂਲਤ ਹੈ ਜਿਸ ਰਾਹੀਂ ਆਮ ਲੋਕ ਜਨਗਣਨਾ ਮੁਲਾਜ਼ਮਾਂ ਦੇ ਘਰ ਆਉਣ ਦਾ ਇੰਤਜ਼ਾਰ ਕੀਤੇ ਬਿਨਾਂ ਖੁਦ ਆਪਣੀ ਜਾਣਕਾਰੀ ਸਰਕਾਰੀ ਪੋਰਟਲ ‘ਤੇ ਦਰਜ ਕਰ ਸਕਦੇ ਹਨ। ਪਹਿਲਾਂ ਇਹ ਕੰਮ ਸਿਰਫ਼ ਕਾਗਜ਼ੀ ਫਾਰਮਾਂ ਰਾਹੀਂ ਹੁੰਦਾ ਸੀ ਪਰ ਹੁਣ ਤੁਸੀਂ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਵੇਰਵਾ ਔਨਲਾਈਨ ਭਰ ਸਕਦੇ ਹੋ। ਓਹਨਾਂ ਦੱਸਿਆ ਕਿ ਇਸ ਦੀ ਪ੍ਰਕਿਰਿਆ ਬਹੁਤ ਸੌਖੀ ਹੈ। ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ se.census.gov.in ‘ਤੇ ਜਾਣਾ ਹੋਵੇਗਾ। ਭਾਸ਼ਾ ਦੀ ਚੋਣ ਕਰੋ ਅਤੇ ਆਪਣੇ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਵਰਤੋਂ ਕਰਕੇ ਪੋਰਟਲ ‘ਤੇ ਲੌਗਇਨ ਕਰੋ। ਪੋਰਟਲ ‘ਤੇ ਦਿੱਤੇ ਗਏ ਸਵਾਲਾਂ ਦੇ ਜਵਾਬ ਆਪਣੀ ਸਹੂਲਤ ਅਨੁਸਾਰ ਭਰੋ। ਜਿਵੇਂ ਹੀ ਸਫਲਤਾਪੂਰਵਕ ਫਾਰਮ ਸਬਮਿਟ ਹੋਵੇਗਾ, ਨਾਗਰਿਕ ਨੂੰ ਇੱਕ ‘ਸੈਲਫ-ਐਨੂਮਰੇਸ਼ਨ ਆਈ ਡੀ’ (SE ID) ਜਨਰੇਟ ਕਰਕੇ ਦੇਵੇਗਾ। ਜਦੋਂ ਜਨਗਣਨਾ ਮੁਲਾਜ਼ਮ ਭਾਵ ਗਿਣਤੀਕਾਰ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈ ਡੀ ਦਿਖਾਉਣੀ ਹੋਵੇਗੀ। ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ। ਓਹਨਾਂ ਦੱਸਿਆ ਕਿ ਇਸ ਤਹਿਤ 33 ਸਵਾਲ ਪੁੱਛੇ ਜਾਣਗੇ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਰਿਹਾਇਸ਼ ਦੀ ਸਥਿਤੀ (ਕੱਚਾ/ਪੱਕਾ), ਬੁਨਿਆਦੀ ਸਹੂਲਤਾਂ (ਪਾਣੀ, ਬਿਜਲੀ, ਪਖਾਨੇ ਆਦਿ) ਅਤੇ ਪਰਿਵਾਰ ਕੋਲ ਉਪਲਬਧ ਸੰਪਤੀਆਂ ਦੀ ਜਾਣਕਾਰੀ ਮੰਗੀ ਜਾਵੇਗੀ। ਇਸ ਮੌਕੇ ਉਹਨਾਂ ਜ਼ਿਲ੍ਹਾ ਵਾਸੀਆਂ ਅਤੇ ਮਰਦਮਸ਼ੁਮਾਰੀ ਸਟਾਫ਼ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਜਣਗਣਨਾ ਦੇ ਨਾਮ ‘ਤੇ ਤੁਹਾਨੂੰ ਕੋਈ ਧੋਖਾਧੜੀ ਵਾਲਾ ਸੁਨੇਹਾ ਆਉਂਦਾ ਤਾਂ ਉਸ ਤੋਂ ਸੁਚੇਤ ਰਹਿਣ ਅਤੇ ਵੇਰੀਫਾਈ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਰਾ ਨੰਬਰ 39, ਦੂਜੀ ਮੰਜ਼ਿਲ ‘ਤੇ ਸਥਾਪਿਤ ਸੈਂਸਸ ਸੈੱਲ ਵਿਚ ਰਾਬਤਾ ਕੀਤਾ ਜਾ ਸਕਦਾ ਹੈ।






