ਸੋਨੀ ਗੋਇਲ ਹੱਕ ਸੱਚ ਦੀ ਬਾਣੀ

ਬਰਨਾਲਾ, 01 ਸਤੰਬਰ
    ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਵੱਲੋਂ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ ਬਰਨਾਲਾ ਵਿੱਚ ਕਰਵਾਈ ਗਈ, ਜਿਸ ਵਿੱਚ 77 ਮੈਂਬਰਾਂ ਨੇ ਭਾਗ ਲਿਆ।
ਇਸ ਮੌਕੇ ਤੇ ਡਾ. ਅਮਨਦੀਪ ਕੌਰ, ਜ਼ਿਲ੍ਹਾ ਪਸਾਰ ਵਿਗਿਆਨੀ, ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਨੇ ਆਏ ਹੋਏ ਮੈਂਬਰਾਂ ਨੂੰ ਜੀ ਆਇਆਂ ਕਿਹਾ ਅਤੇ ਇਸ ਸੰਸਥਾ ਦੇ ਉਦੇਸ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਅੱਗੇ ਵਧਕੇ ਕਿਸਾਨੀ ਵੱਲ ਆਉਣਾ ਚਾਹੀਦਾ ਹੈ ਤਾਂ ਜੋ ਪੀ.ਏ.ਯੂ.  ਵੱਲੋਂ ਸਿਫਾਰਸ਼ ਨਵੀਆਂ ਤਕਨੀਕਾਂ ਅਪਣਾ ਕੇ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਹਨਾਂ ਨੇ ਕਿਸਾਨਾਂ ਨਾਲ ਮਿੱਟੀ ਦੀ ਜਾਂਚ ਕਰਵਾ ਕੇ ਹੀ ਖਾਦਾਂ ਦੀ ਵਰਤੋਂ ਕਰਨ, ਨਦੀਨਾਂ ਦੀ ਸਮੱਸਿਆ, ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਨੁਕਤੇ ਸਾਂਝੇ ਕੀਤੇ।
ਡਾ. ਸੁਖਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਰਨਾਲਾ ਨੇ ਕਿਸਾਨਾਂ ਨੂੰ ਵਿਭਾਗ ਵੱਲੋਂ ਖੇਤੀ ਮਸ਼ੀਨਰੀ ਉੱਤੇ ਦਿੱਤੀ ਜਾਣ ਵਾਲੀ ਸਬਸਿਡੀ ਬਾਰੇ ਜਾਣੂੰ ਕਰਵਾਇਆ ਅਤੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਉੱਤੇ ਜ਼ੋਰ ਦਿੱਤਾ। ਡਾ. ਰਮਨਦੀਪ ਕੌਰ, ਵੈਟਰਨਰੀ ਅਫਸਰ, ਪਸ਼ੂ ਪਾਲਣ ਵਿਭਾਗ, ਬਰਨਾਲਾ ਨੇ ਕਿਸਾਨਾਂ ਨੂੰ ਟੀਕਾਕਰਨ, ਚਿਚੜੀ ਰੋਗ, ਗਲ ਘੋਟੂ ਅਤੇ ਪਸ਼ੂਆਂ ਤੋਂ ਮਨੁੱਖ ਨੂੰ ਹੋਣ ਵਾਲੀਆਂ ਘਾਤਕ ਬਿਮਾਰੀਆਂ ਬਾਰੇ ਜਾਗਰੂਕ ਕੀਤਾ । ਡਾ. ਸੁਰਿੰਦਰ ਸਿੰਘ ਨੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ, ਬਰਨਾਲਾ ਦੀਆਂ ਗਤੀਵਿਧੀਆਂ ਬਾਰੇ ਦੱਸਿਆ।  ਡਾ. ਹਰਜੋਤ ਸਿੰਘ ਸੋਹੀ, ਕ੍ਰਿਸ਼ੀ ਵਿਗਿਆਨ ਕੇਂਦਰ, ਬਰਨਾਲਾ ਨੇ ਘਰੇਲੂ-ਬਗੀਚੀ, ਫਲਦਾਰ ਬੂਟੇ ਲਾਉਣ ਦੀ ਵਿਉਂਤਬੰਦੀ, ਫਲਾਂ ਅਤੇ ਸਬਜ਼ੀਆਂ ਵਿੱਚ ਖੁਰਾਕੀ ਤੱਤਾਂ ਦੀ ਲੋੜ ਅਤੇ ਪੂਰਤੀ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਸੁਖਪਾਲ ਕੁਮਾਰ, ਸਰਵੇਅਰ ਭੂਮੀ ਅਤੇ ਜਲ ਸੰਭਾਲ ਵਿਭਾਗ, ਬਰਨਾਲਾ ਨੇ ਕਿਸਾਨਾਂ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਸਬਸਿਡੀਆਂ ਬਾਰੇ ਦੱਸਿਆ।
ਇਸ ਮੌਕੇ ਅਗਾਂਹਵਧੂ ਕਿਸਾਨ ਬਲਰਾਜ ਸਿੰਘ, ਪਿਸ਼ੌਰਾ ਸਿੰਘ, ਗੁਰਪ੍ਰੀਤ ਸਿੰਘ, ਪ੍ਰੇਮ ਸਿੰਘ ਅਤੇ ਮਨਜੀਤ ਸਿੰਘ ਨੇ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੁਸ਼ਕਿਲਾਂ ਸਾਂਝੀਆਂ ਕੀਤੀਆਂ।

Leave a Reply

Your email address will not be published. Required fields are marked *