ਮਨਿੰਦਰ ਸਿੰਘ ਹੱਕ ਸੱਚ ਦੀ ਬਾਣੀ
ਚੰਡੀਗੜ੍ਹ 01 ਸਤੰਬਰ ਕਿਸਾਨਾਂ ਮਜ਼ਦੂਰਾਂ ਦੀਆਂ ਭੱਖਦੀਆਂ ਮੰਗਾਂ ਲਈ ਡੀਸੀ ਦਫ਼ਤਰਾਂ ਅੱਗੇ ਚੱਲ ਰਹੇ ਪੱਕੇ ਕਿਸਾਨ ਮੋਰਚਿਆਂ ਚ ਅੱਜ ਤੀਜੇ ਦਿਨ ਹੋਏ ਭਰਵੇਂ ਇਕੱਠਾਂ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਤੇ ਵੱਖ ਵੱਖ ਥਾਵਾਂ ਤੇ ਜਿਲਾ ਆਗੂਆਂ ਨੇ ਐਲਾਨ ਕਰਦਿਆਂ ਹੋਇਆ ਕਿਹਾ ਕਿ ਸੰਘਰਸ਼ ਕਰ ਰਹੇ ਪੰਜਾਬ ਦੇ ਮੁਲਾਜ਼ਮਾਂ ਪੈਨਸ਼ਨਰਾਂ ਦੇ ਘੋਲ ਦੀਆਂ ਮੰਗਾਂ ਤੇ 4 ਸਤੰਬਰ ਨੂੰ ਮੋਰਚੇ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਮੰਗਾਂ ਨੂੰ ਸਮਰਪਿਤ ਹੋਣਗੇ।
ਉਹਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਹੱਲ ਤਾਂ ਕੀ ਕਰਨੀਆਂ ਸਨ ਸਗੋਂ ਸਰਕਾਰ ਆਪਣੇ ਅੜੀਅਲ ਰਵੱਈਏ ਤਹਿਤ ਮੁਲਾਜਮਾਂ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਕੇ ਉਹਨਾਂ ਦੀਆਂ ਦੂਰ ਦੁਰਾਡੇ ਬਦਲੀਆਂ ਕਰ ਰਹੀ ਹੈ ਅਤੇ ਹੋਰ ਤਨਖਾਹ ਰੋਕਣ, ਉਹਨਾਂ ਖਿਲਾਫ ਵਿਭਾਗੀ ਕਾਨੂੰਨੀ ਕਾਰਵਾਈ ਵਰਗੇ ਢੰਗਾਂ ਰਾਹੀਂ ਜਲੀਲ ਕੀਤਾ ਜਾ ਰਿਹਾ ਹੈ।
ਅਦਾਲਤਾਂ ਵੱਲੋਂ ਮੁਲਾਜ਼ਮਾਂ ਦੇ ਹੱਕਾਂ ਵਿੱਚ ਕੀਤੇ ਫੈਸਲੇ ਵਿਰੁੱਧ ਉੱਚ ਅਦਾਲਤਾਂ ਵਿੱਚ ਅਪੀਲਾਂ ਪਾ ਰਹੀ ਹੈ।
ਬੁਲਾਰਿਆਂ ਨੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ, ਠੇਕਾ ਮੁਲਾਜਮਾਂ ਅਤੇ ਹੋਰ ਸੰਘਰਸ਼ੀਲ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੱਲ ਰਹੇ ਮੋਰਚਿਆਂ ਵਿੱਚ 4 ਸਤੰਬਰ ਨੂੰ ਵੱਧ ਤੋ ਵੱਧ ਸਮੂਲੀਅਤ ਕਰਨ।
ਔਰਤ ਆਗੂ ਹਰਿੰਦਰ ਕੌਰ ਬਿੰਦੂ ,ਕਮਲ ਬਰਨਾਲਾ ,ਕੁਲਦੀਪ ਕੌਰ ਕੁੱਸਾ ਨੇ ਕਿਹਾ ਕਿ ਸਾਡੇ ਦੇਸ਼ ਦੇ ਹਾਕਮਾਂ ਵੱਲੋਂ ਲੋਕਾਂ ਤੇ ਮੜੀਆਂ ਜਾ ਰਹੀਆਂ ਲੋਕ ਵਿਰੋਧੀ ਸ਼ਾਮਰਾਜੀ ਨੀਤੀਆਂ ਹੀ ਹਨ ਜੋ ਸਾਰੇ ਕਿਰਤੀ ਲੋਕਾਂ ਦੀ ਲੁੱਟ ਕਰਦੀਆਂ ਹਨ ਅਤੇ ਉਹਨਾਂ ਦੇ ਕੰਮਾਂ ਕਾਜਾਂ ਨੂੰ ਪ੍ਰਭਾਵਿਤ ਕਰਦੀਆਂ
ਹਨ।
ਇਸ ਕਰਕੇ ਅਣਸਰਦੀ ਲੋੜ ਬਣਦੀ ਹੈ ਕਿ ਇਹਨਾਂ ਨੀਤੀਆਂ ਦੇ ਖਿਲਾਫ ਸਮੂਹ ਕਿਰਤੀ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਦੁਕਾਨਦਾਰ, ਛੋਟੇ ਕਾਰੋਬਾਰੀਏ ਇਕੱਠੇ ਹੋ ਕੇ ਸਾਂਝੇ ਸੰਘਰਸਾਂ ਰਾਹੀਂ ਇਹਨਾਂ ਨੀਤੀਆਂ ਨੂੰ ਵਾਪਸ
ਮੋੜੀਏ।
ਬੁਲਾਰਿਆਂ ਨੇ ਮੰਗ ਕੀਤੀ ਕਿ ਭਾਰਤ ਵਿਸ਼ਵ ਵਪਾਰ ਸੰਸਥਾ ਤੋਂ ਬਾਹਰ ਆਵੇ, ਅਮਰੀਕਾ ਭਾਰਤ ਸਮਝੌਤਾ ਵਾਰਤਾ ਰੱਦ ਕੀਤੀ ਜਾਵੇ, ਸਾਰੀਆਂ ਫਸਲਾਂ ਤੇ C2 ਫਾਰਮੂਲੇ ਤਹਿਤ ਐਮ ਐਸ ਪੀ ਤੇ ਸਰਕਾਰੀ ਖਰੀਦ ਦੀ ਕਾਨੂੰਨੀ ਗਰੰਟੀ ਕਰੇ, ਵੱਖ ਵੱਖ ਅਦਾਰਿਆਂ ਤੇ ਖੇਤੀ ਨਾਲ ਸਬੰਧਿਤ ਨਿੱਜੀਕਰਨ ਦੇ ਲਿਆਂਦੇ ਜਾ ਰਹੇ ਕਾਨੂੰਨ ਅਤੇ ਬਿੱਲ ਰੱਦ ਕੀਤੇ ਜਾਣ, ਪਾਣੀਆਂ ਤੇ ਵਿਸਵ ਵਪਾਰ ਸੰਸਥਾ ਦਾ ਕਬਜ਼ਾ ਕਰਾਉਣਾ ਬੰਦ ਕੀਤਾ ਜਾਵੇ ਅਤੇ ਕੌਮਾਂਤਰੀ ਕਾਨੂੰਨਾਂ ਮੁਤਾਬਿਕ ਭਾਈਚਾਰਕ ਸਾਂਝ ਕਾਇਮ ਰੱਖਦਿਆਂ ਪਾਣੀਆਂ ਦੇ ਮਸਲੇ ਹੱਲ ਕੀਤੇ ਜਾਣ,ਪੰਜਾਬ ਸਰਕਾਰ ਲੈਂਡ ਪੂਲਿੰਗ ਦੀ ਨੀਤੀ ਦੁਬਾਰਾ ਲਿਆਉਣ ਦੀਆਂ ਕੋਸ਼ਿਸ਼ਾਂ ਬੰਦ ਕਰੇ, 60 ਸਾਲ ਦੀ ਉਮਰ ਤੋਂ ਉਪਰ ਸਾਰੇ ਬਜ਼ੁਰਗਾਂ ਨੂੰ ਘੱਟੋ ਘੱਟ 10 ਹਜਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ। ਅੱਜ ਦੇ ਇਕੱਠ ਨੇ ਪ੍ਰਮੁੱਖ ਮਜ਼ਦੂਰ ਆਗੂ ਸਾਥੀ ਗੁਰਨਾਮ ਸਿੰਘ ਦਾਊਦ ਦੀ ਬੇਵਕਤ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ।







