ਸੋਨੀ ਗੋਇਲ ਬਰਨਾਲਾ
• ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ ਨਾਲ ਵਧ ਰਿਹਾ ਹੈ ਦਵਾਈਆਂ ਪ੍ਰਤੀ ਰੋਧਕ ਸ਼ਕਤੀ ਦਾ ਖਤਰਾ
ਬਰਨਾਲਾ, 22 ਨਵੰਬਰ ਸਿਹਤ ਵਿਭਾਗ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਵਿੱਚ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਵਰਤੋਂ ਅਤੇ ਇਨ੍ਹਾਂ ਦੀ ਬਿਨਾਂ ਲੋੜ ਵਰਤੋਂ ਨੂੰ ਰੋਕਣ ਸਬੰਧੀ ਅੱਜ ਸਿਵਲ ਹਸਪਤਾਲ ਬਰਨਾਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਇੰਚਾਰਜ ਸਿਵਲ ਸਰਜਨ/ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਅਤੇ ਸੀਨੀਅਰ ਮੈਡੀਕਲ ਅਫਸਰ ਬਰਨਾਲਾ ਡਾ. ਇੰਦੂ ਬਾਂਸਲ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਫੋਰਟਿਸ ਹਸਪਤਾਲ ਮੋਹਾਲੀ ਤੋਂ ਪਹੁੰਚੇ ਮਾਹਿਰ ਡਾ. ਪਰਵਿੰਦਰ ਕੌਰ ਚਾਵਲਾ ਵੱਲੋਂ ਸਿਵਲ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਪਰਵਿੰਦਰ ਕੌਰ ਚਾਵਲਾ ਨੇ ਸਮੂਹ ਡਾਕਟਰਾਂ ਨੂੰ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਵਰਤੋਂ, ਮਰੀਜ਼ਾਂ ਨੂੰ ਦਵਾਈ ਦੇਣ ਸਮੇਂ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਦੇ ਵਧ ਰਹੇ ਖਤਰੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਐਂਟੀਬਾਇਓਟਿਕ ਦਵਾਈਆਂ ਦੀ ਬਿਨਾਂ ਲੋੜ ਅਤੇ ਗਲਤ ਵਰਤੋਂ ਕਾਰਨ ਬੈਕਟੀਰੀਆ ਇਨ੍ਹਾਂ ਦਵਾਈਆਂ ਪ੍ਰਤੀ ਰੋਧਕ ਹੋ ਰਹੇ ਹਨ, ਜਿਸ ਕਾਰਨ ਭਵਿੱਖ ਵਿੱਚ ਆਮ ਇਨਫੈਕਸ਼ਨਾਂ ਦਾ ਇਲਾਜ ਕਰਨਾ ਵੀ ਮੁਸ਼ਕਿਲ ਹੋ ਸਕਦਾ ਹੈ। ਇਸ ਲਈ ਇਹ ਦਵਾਈਆਂ ਸਿਰਫ਼ ਡਾਕਟਰ ਦੀ ਸਲਾਹ ਅਨੁਸਾਰ ਅਤੇ ਅਤਿ ਲੋੜ ਪੈਣ ‘ਤੇ ਹੀ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਇਸ ਮੌਕੇ ਡਾਕਟਰਾਂ ਨੂੰ ਸਲਾਹ ਦਿੱਤੀ ਗਈ ਕਿ ਮਰੀਜ਼ਾਂ ਨੂੰ ਬਿਨਾਂ ਲੋੜ ਐਂਟੀਬਾਇਓਟਿਕ ਦਵਾਈਆਂ ਨਾ ਲਿਖੀਆਂ ਜਾਣ ਅਤੇ ਦਵਾਈਆਂ ਦੀ ਸਹੀ ਖੁਰਾਕ ਤੇ ਨਿਰਧਾਰਤ ਸਮੇਂ ਦਾ ਖਾਸ ਧਿਆਨ ਰੱਖਿਆ ਜਾਵੇ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਵੀ ਜਾਗਰੂਕ ਕਰਨ ‘ਤੇ ਜ਼ੋਰ ਦਿੱਤਾ ਗਿਆ ਕਿ ਉਹ ਆਪਣੀ ਮਰਜ਼ੀ ਨਾਲ ਦਵਾਈਆਂ ਲੈਣ ਜਾਂ ਬਚੀਆਂ ਹੋਈਆਂ ਪੁਰਾਣੀਆਂ ਦਵਾਈਆਂ ਦੀ ਮੁੜ ਵਰਤੋਂ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਐਂਟੀਬਾਇਓਟਿਕ ਦਵਾਈਆਂ ਦੀ ਸੁਚੱਜੀ ਵਰਤੋਂ ਕਰਨਾ ਸਿਰਫ਼ ਡਾਕਟਰਾਂ ਦੀ ਹੀ ਨਹੀਂ, ਸਗੋਂ ਸਮਾਜ ਦੇ ਹਰ ਵਿਅਕਤੀ ਦੀ ਸਾਂਝੀ ਜ਼ਿੰਮੇਵਾਰੀ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਜੀਵਨ-ਰੱਖਿਅਕ ਦਵਾਈਆਂ ਦੀ ਪ੍ਰਭਾਵਸ਼ੀਲਤਾ ਬਰਕਰਾਰ ਰੱਖੀ ਜਾ ਸਕੇ।
ਮੀਟਿੰਗ ਦੌਰਾਨ ਹਸਪਤਾਲਾਂ ਵਿੱਚ ਇਨਫੈਕਸ਼ਨ ਕੰਟਰੋਲ ਪ੍ਰੋਟੋਕੋਲ, ਹੱਥਾਂ ਦੀ ਸਫ਼ਾਈ ਅਤੇ ਐਂਟੀਬਾਇਓਟਿਕ ਦਵਾਈਆਂ ਦੀ ਸਾਂਭ-ਸੰਭਾਲ ਤੇ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ‘ਤੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸਾਕਸ਼ੀ ਸੋਨੀ, ਜ਼ਿਲ੍ਹਾ ਮਾਈਕ੍ਰੋਬਾਇਓਲੋਜਿਸਟ ਰਿੰਮੀ ਕੌਰ, ਫੈਸਿਲਿਟੀ ਮੈਨੇਜਰ ਪ੍ਰਿੰਸ ਗੁਪਤਾ, ਸੀਨੀਅਰ ਲੈਬ ਟੈਕਨੀਸ਼ੀਅਨ ਕਾਮਨੀ, ਚੀਫ਼ ਫਾਰਮੇਸੀ ਅਫ਼ਸਰ, ਇਨਫੈਕਸ਼ਨ ਕੰਟਰੋਲ ਨਰਸ, ਨਰਸਿੰਗ ਸਿਸਟਰ, ਸਮੂਹ ਨਰਸਿੰਗ ਸਟਾਫ਼ ਅਤੇ ਸਿਵਲ ਹਸਪਤਾਲ ਬਰਨਾਲਾ ਦੇ ਸਮੂਹ ਡਾਕਟਰ ਹਾਜ਼ਰ ਸਨ।





